
ਕੇਵਲ ਸਿੰਘ ਢਿੱਲੋਂ ਬਣੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ
ਚੰਡੀਗੜ੍ਹ / ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਜ਼ਦੀਕੀ ਮੰਨੇ ਜਾਣ ਵਾਲੇ ਬਰਨਾਲਾ ਦੇ ਸਾਬਕਾ ਵਿਧਾਇਕ ਅਤੇ ਜੱਟ ਸਿੱਖ ਆਗੂ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਭਾਰਤੀ ਜਨਤਾ ਪਾਰਟੀ ਦੇ ਕੌਮੀ ਦਫ਼ਤਰ ਵਲੋਂ ਜਾਰੀ ਰਸਮੀਂ ਪੱਤਰ ਮੁਤਾਬਕ ਕੇਵਲ ਸਿੰਘ ਢਿੱਲੋਂ ਪੰਜਾਬ ਇਕਾਈ ਦੇ ਨਵੇਂ ਪ੍ਰਧਾਨ ਲਗਾਏ ਗਏ ਹਨ।
ਆਰਐੱਸਐੱਸ ਦੀ ਸਿਫਾਰਿਸ਼
ਸੂਤਰਾਂ ਅਨੁਸਾਰ, ਆਰ.ਐਸ.ਐਸ. (RSS) ਦੇ ਪੰਜਾਬ ਇੰਚਾਰਜ ਮੰਤਰੀ ਸ੍ਰੀਨਿਵਾਸਲੂ ਵੀ ਕੇਵਲ ਢਿੱਲੋਂ ਦੇ ਨਾਮ ਦੀ ਵਕਾਲਤ ਕਰ ਰਹੇ ਸਨ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ, ਜੋ ਲਗਾਤਾਰ ਪੰਜਾਬ ਦਾ ਦੌਰਾ ਕਰ ਰਹੇ ਹਨ ਅਤੇ ਪਾਰਟੀ ਦੇ ਪ੍ਰੋਗਰਾਮਾਂ ਤੇ ਰੈਲੀਆਂ ਵਿੱਚ ਹਿੱਸਾ ਲੈ ਰਹੇ ਹਨ, ਉਹ ਵੀ ਕਿਸੇ ਸਿੱਖ ਚਿਹਰੇ ਨੂੰ ਅੱਗੇ ਲਿਆਉਣ ਲਈ ਜ਼ੋਰ ਪਾ ਰਹੇ ਸਨ।
ਇਸ ਦੌੜ ਵਿੱਚ ਹੋਰ ਦਾਅਵੇਦਾਰਾਂ ਵਿੱਚ ਜਗਮੋਹਨ ਸਿੰਘ ਰਾਜੂ ਅਤੇ ਮਨਜੀਤ ਸਿੰਘ ਰਾਏ ਵੀ ਸ਼ਾਮਲ ਸਨ।
ਸਿਆਸੀ ਸਫ਼ਰ ਅਤੇ ਪਿਛੋਕੜ
75 ਸਾਲਾ ਢਿੱਲੋਂ ਦਾ ਜਨਮ ਬਰਨਾਲਾ ਦੇ ਪਿੰਡ ਟੱਲੇਵਾਲ ਵਿੱਚ ਹੋਇਆ ਸੀ। ਉਨ੍ਹਾਂ ਨੇ 2007 ਤੋਂ 2017 ਤੱਕ ਬਰਨਾਲਾ ਤੋਂ ਵਿਧਾਇਕ ਵਜੋਂ ਸੇਵਾ ਨਿਭਾਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ‘ਆਪ’ ਦੇ ਗੁਰਮੀਤ ਸਿੰਘ ਮੀਤ ਹੇਅਰ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ।
ਉਹ ਜੂਨ 2022 ਵਿੱਚ ਕਾਂਗਰਸ ਦੇ ਕਈ ਹੋਰ ਆਗੂਆਂ ਦੇ ਨਾਲ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ, ਜਿਨ੍ਹਾਂ ਨੇ ਸੂਬਾਈ ਚੋਣਾਂ ਵਿੱਚ ਪਾਰਟੀ ਦੀ ਕਰਾਰੀ ਹਾਰ ਤੋਂ ਬਾਅਦ ਪਾਸਾ ਬਦਲ ਲਿਆ ਸੀ।
ਇਸ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ ਭਾਜਪਾ ਇਕਾਈ ਦਾ ਉਪ-ਪ੍ਰਧਾਨ ਨਿਯੁਕਤ ਕੀਤਾ ਗਿਆ ਸੀ। ਕੈਪਟਨ ਅਮਰਿੰਦਰ ਸਿੰਘ — ਜਿਨ੍ਹਾਂ ਨੇ ਖ਼ੁਦ ਪੰਜਾਬ ਲੋਕ ਕਾਂਗਰਸ ਬਣਾਉਣ ਤੋਂ ਬਾਅਦ ਭਾਜਪਾ ਦਾ ਪੱਲਾ ਫੜਿਆ ਸੀ — ਨਾਲ ਢਿੱਲੋਂ ਦੀ ਲੰਮੀ ਸਾਂਝ ਹੋਣ ਕਾਰਨ ਉਨ੍ਹਾਂ ਦੀ ਮਾਲਵਾ ਖੇਤਰ ਵਿੱਚ ਸਾਬਕਾ ਮੁੱਖ ਮੰਤਰੀ ਦੇ ਸਮਰਥਕਾਂ ਤੱਕ ਸਿੱਧੀ ਪਹੁੰਚ ਹੈ।
ਭਾਜਪਾ 2027 ਦੀਆਂ ਚੋਣਾਂ ਤੋਂ ਪਹਿਲਾਂ ਕੇਡਰ (ਵਰਕਰਾਂ) ਦੇ ਨੈੱਟਵਰਕ ਨੂੰ ਮੁੜ ਖੜ੍ਹਾ ਕਰਨ ਲਈ ਉਨ੍ਹਾਂ ਦੇ ਕਾਂਗਰਸ ਦੇ ਦਿਨਾਂ ਦੇ ਜਥੇਬੰਦਕ ਤਜ਼ਰਬੇ ‘ਤੇ ਵੀ ਭਰੋਸਾ ਕਰ ਰਹੀ ਹੈ।
2027 ਵਿੱਚ ਖਿੜੇਗਾ ਕਮਲ
ਇਸੇ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪਾਰਟੀ ਮੈਨੂੰ ਜੋ ਵੀ ਜ਼ਿੰਮੇਵਾਰੀ ਦੇਵੇਗੀ, ਮੈਂ ਪੂਰੀ ਵਫ਼ਾਦਾਰੀ ਨਾਲ ਨਿਭਾਵਾਂਗਾ। ਉਨ੍ਹਾਂ ਦਾਅਵਾ ਕੀਤਾ ਕਿ 2027 ਵਿਚ ਪੰਜਾਬ ਵਿਚ ਕਮਲ ਖਿੜ੍ਹੇਗਾ ਅਤੇ ਭਾਜਪਾ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਤੋਂ ਬਾਅਦ, ਹੁਣ ਪੰਜਾਬ ਦੀ ਵਾਰੀ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਕੇਵਲ ਸਿੰਘ ਢਿੱਲੋਂ ਦੋ ਵਾਰ ਕਾਂਗਰਸ ਪਾਰਟੀ ਦੀ ਟਿਕਟ ’ਤੇ ਵਿਧਾਇਕ ਬਣੇ ਸਨ ਅਤੇ ਫਿਰ ਉਹ ਭਾਜਪਾ ਵਿਚ ਸ਼ਾਮਲ ਹੋ ਗਏ ਸਨ। ਬਰਨਾਲਾ ਜ਼ਿਲ੍ਹੇ ਦੇ ਪਿੰਡ ਟੱਲੇਵਾਲ ਦੇ ਜੰਮਪਲ ਕੇਵਲ ਸਿੰਘ ਢਿੱਲੋਂ ਨੂੰ ਉਸ ਵਿਅਕਤੀ ਵਜੋਂ ਜਾਣਿਆ ਜਾਂਦਾ ਹੈ, ਜੋ ਪੰਜਾਬ ਵਿਚ ਪੈਪਸੀ ਲਿਆਉਣ ਨਾਲ ਜੁੜਿਆ ਹੋਇਆ ਹੈ। ਢਿੱਲੋਂ ਗਰੁੱਪ ਰਾਹੀਂ, ਉਨ੍ਹਾਂ ਨੇ ਇਕ ਵੱਡਾ ਪੀਣ ਵਾਲੇ ਪਦਾਰਥਾਂ ਅਤੇ ਬੋਤਲਿੰਗ ਦਾ ਕਾਰੋਬਾਰ ਬਣਾਇਆ, ਜੋ ਬਾਅਦ ਵਿਚ ਪ੍ਰਾਹੁਣਾਚਾਰੀ, ਰੀਅਲ ਅਸਟੇਟ ਅਤੇ ਹੋਰ ਖੇਤਰਾਂ ਵਿਚ ਫੈਲ ਗਿਆ। ਇਸੇ ਤਰ੍ਹਾਂ ਕਾਂਗਰਸ ਪਾਰਟੀ ਦੇ ਹੋਰ ਵੀ ਕਈ ਸੀਨੀਅਰ ਆਗੂ ਭਾਜਪਾ ਵਿਚ ਸ਼ਾਮਲ ਹੋ ਗਏ ਸਨ, ਜਿਨ੍ਹਾਂ ਵਿਚ ਸਾਬਕਾ ਕਾਂਗਰਸੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ, ਰਾਣਾ ਗੁਰਜੀਤ ਸਿੰਘ ਸੋਢੀ ਅਤੇ ਫਤਹਿਜੰਗ ਸਿੰਘ ਬਾਜਵਾ ਸ਼ਾਮਲ ਹਨ।
ਸੰਬੰਧਿਤ ਪੋਸਟਾਂ:
ਕੋਈ ਸੰਬੰਧਿਤ ਪੋਸਟ ਨਹੀਂ।
