
ਕਿਸਾਨ ਕਰੈਡਿਟ ਕਾਰਡ ਨੀਤੀ ’ਚ ਬਦਲਾਅ ਦਾ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੰਗਲਵਾਰ ਨੂੰ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕੀਤੀ ਹੈ।
ਇਸ ਦੌਰਾਨ ਭਗਵੰਤ ਮਾਨ ਵਲੋਂ ਪੰਜਾਬ ਦੇ ਕਿਸਾਨਾਂ ਲਈ ਵੱਡੇ ਫੈਸਲੇ ਲਏ ਗਏ ਹਨ ਅਤੇ ਕਿਸਾਨ ਕਰੈਡਿਟ ਕਾਰਡ ਨੀਤੀ ਵਿਚ ਵੀ ਬਦਲਾਅ ਕਰਨ ਦਾ ਫੈਸਲਾ ਕੀਤਾ ਹੈ।
ਕਣਕ ਦੀ ਫਸਲ ਲਈ ਕਰੈਡਿਟ ਸੀਮਾ 24 ਹਜ਼ਾਰ 380 ਰੁਪਏ ਤੋਂ ਵਧਾ ਕੇ 30 ਹਜ਼ਾਰ ਰੁਪਏ ਪ੍ਰਤੀ ਏਕੜ ਕਰ ਦਿੱਤੀ ਗਈ ਹੈ।
ਇਸੇ ਦੌਰਾਨ ਗੰਨਾ ਉਤਪਾਦਕਾਂ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਲਈ ਕਰੈਡਿਟ ਸੀਮਾ ਵਧਾ ਕੇ 1 ਲੱਖ ਰੁਪਏ ਪ੍ਰਤੀ ਏਕੜ ਕਰ ਦਿੱਤੀ ਗਈ ਹੈ।
ਇਸੇ ਤਰ੍ਹਾਂ ਸਬਜ਼ੀਆਂ ਅਤੇ ਬਾਗਬਾਨੀ ਫਸਲਾਂ ਲਈ ਕਰੈਡਿਟ ਸੀਮਾ 32 ਹਜ਼ਾਰ ਰੁਪਏ ਤੋਂ ਵਧਾ ਕੇ 1 ਲੱਖ 57 ਹਜ਼ਾਰ ਰੁਪਏ ਪ੍ਰਤੀ ਏਕੜ ਕੀਤੀ ਗਈ ਹੈ।
ਮੁੱਖ ਮੰਤਰੀ ਮਾਨ ਨੇ ਐਲਾਨ ਕੀਤਾ ਕਿ ਪੇਂਡੂ ਸਹਿਕਾਰੀ ਸਭਾਵਾਂ ਦੇ ਡਿਫਾਲਟਰ ਕਿਸਾਨਾਂ ਨੂੰ ਫਸਲੀ ਕਰਜ਼ੇ ਨੂੰ ਲੈ ਕੇ ਕਈ ਛੋਟਾਂ ਦਿੱਤੀਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ ਇਸ ਨਾਲ ਸਹਿਕਾਰੀ ਬੈਂਕਾਂ ’ਤੇ ਕੋਈ ਵਿੱਤੀ ਬੋਝ ਨਹੀਂ ਪਵੇਗਾ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖਾਤੇ ਸਹਿਕਾਰੀ ਬੈਂਕਾਂ ਵਿਚ ਖੁੱਲ੍ਹਵਾਉਣ, ਕਿਉਂਕਿ ਸਭ ਤੋਂ ਘੱਟ ਵਿਆਜ਼ ਸਹਿਕਾਰੀ ਬੈਂਕਾਂ ਦਾ ਹੀ ਹੈ।
ਮੁੱਖ ਮੰਤਰੀ ਮਾਨ ਨੇ ਬੈਂਕਾਂ ਵਲੋਂ ਸਕਿਉਰਿਟੀ ਵਜੋਂ ਕਿਸਾਨਾਂ ਦੇ ਖਾਲੀ ਚੈਕ ਲੈਣ ਦੇ ਰੁਝਾਨ ਦੇ ਖਾਤਮੇ ਦਾ ਵੀ ਐਲਾਨ ਕੀਤਾ ਹੈ।
ਪੰਜਾਬ ਦੀ ਕਿਸਾਨੀ ’ਚ ਖੁਦਕੁਸ਼ੀ ਦਰ ਘਟੀ
ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਸਰਕਾਰ ਦੀਆਂ ਕਿਸਾਨ ਭਲਾਈ ਸਕੀਮਾਂ ਦੀ ਬਦੌਲਤ ਸੂਬੇ ਵਿਚ ਕਿਸਾਨੀ ਦੀ ਖੁਦਕੁਸ਼ੀ ਦਰ ਵਿਚ ਵੱਡੀ ਕਟੌਤੀ ਹੋਈ ਹੈ।
ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਕਿਸਾਨ ਖੁਦਕੁਸ਼ੀਆਂ ਦਾ ਰੁਝਾਨ ਕਾਫੀ ਵਧ ਗਿਆ ਸੀ ਅਤੇ ਹੁਣ ਇਸ ਰੁਝਾਨ ਨੂੰ ਠੱਲ ਪਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਕੌਮੀ ਅਪਰਾਧ ਰਿਕਾਰਡ ਬਿਊਰੋ ਦੇ ਸਹਿਯੋਗ ਨਾਲ ਤੱਥ ਨਸ਼ਰ ਕੀਤੇ ਗਏ ਹਨ, ਜਿਸ ਤੋਂ ਕਿਸਾਨਾਂ ’ਚ ਖੁਦਕੁਸ਼ੀ ਦੇ ਰੁਝਾਨ ਵਿਚ ਕਮੀ ਆਉਣ ਦਾ ਪਤਾ ਲੱਗਿਆ ਹੈ।
ਮੁੱਖ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਜੀਵਨ ਲੀਲਾ ਖਤਮ ਕਰਨ ਦੇ ਰਾਹ ਨਾ ਪੈਣ, ਕਿਉਂਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਕਿਸਾਨਾਂ ਨਾਲ ਖੜ੍ਹੀ ਹੈ। ਸੀਐਮ ਨੇ ਭਰੋਸਾ ਦਿੱਤਾ ਕਿ ਖੇਤੀ ਦੇ ਕਿੱਤੇ ਨੂੰ ਲਾਹੇਵੰਦਾ ਬਣਾਇਆ ਜਾਵੇਗਾ।




