
ਡਾ. ਗੁਰਪ੍ਰੀਤ ਕੌਰ ਪਹੁੰਚੇ ਅਦਾਲਤ
ਮਜੀਠੀਆ, ਹਰਸਿਮਰਤ ਕੌਰ ਬਾਦਲ ਅਤੇ ਖਹਿਰਾ ਖਿਲਾਫ ਮਾਣਹਾਨੀ ਦਾ ਕੇਸ ਦਰਜ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਆਪਣੇ ਉਪਰ ਝੂਠੇ ਦੋਸ਼ ਲਗਾਉਣ ਦੇ ਮਾਮਲੇ ਵਿਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ, ਹਰਸਿਮਰਤ ਕੌਰ ਬਾਦਲ ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਖਿਲਾਫ ਅਦਾਲਤ ਵਿਚ ਅਪਰਾਧਿਕ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਗਿਆ ਹੈ।
ਡਾ. ਗੁਰਪ੍ਰੀਤ ਕੌਰ ਨੇ ਚੰਡੀਗੜ੍ਹ ਦੀ ਅਦਾਲਤ ਵਿਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 210 ਅਤੇ 222 ਤਹਿਤ ਸ਼ਿਕਾਇਤ ਦਰਜ ਕਰਵਾਈ ਹੈ, ਜੋ ਕਿ ਭਾਰਤੀ ਨਿਆਇਕ ਸੰਹਿਤਾ, 2023 ਦੀ ਧਾਰਾ 356 ਅਧੀਨ ਆਉਂਦੇ ਅਪਰਾਧ ਨਾਲ ਸਬੰਧਤ ਹੈ।
ਆਪਣੀ ਸ਼ਿਕਾਇਤ ਵਿਚ ਉਨ੍ਹਾਂ ਦੱਸਿਆ ਕਿ ਉਹ ਇਕ ਯੋਗ ਮੈਡੀਕਲ ਪੇਸ਼ੇਵਰ ਹਨ ਅਤੇ ਸਮਾਜ ਵਿਚ ਉਨ੍ਹਾਂ ਦਾ ਇਕ ਚੰਗਾ ਰੁਤਬਾ ਤੇ ਵੱਕਾਰ ਹੈ।
ਸ਼ਿਕਾਇਤਕਰਤਾ ਵਲੋਂ ਦੱਸਿਆ ਗਿਆ ਹੈ ਕਿ ਬਿਕਰਮ ਸਿੰਘ ਮਜੀਠੀਆ ਨੇ ਉਨ੍ਹਾਂ ਵਿਰੁੱਧ ਮੁਹਿੰਮ ਛੇੜੀ ਹੈ।
ਮਜੀਠੀਆ ਨੇ ਇਲਜ਼ਾਮ ਲਗਾਇਆ ਸੀ ਕਿ ਡਾ. ਗੁਰਪ੍ਰੀਤ ਕੌਰ ਨੇ ਆਪਣੇ ਇਕ ਰਿਸ਼ਤੇਦਾਰ ਰਾਹੀਂ ਜਬਰ ਜਨਾਹ ਵਰਗੇ ਗੰਭੀਰ ਅਪਰਾਧ ਦੇ ਮੁਲਜ਼ਮ ਨੂੰ ਬਚਾਉਣ ਲਈ ਸਰਕਾਰੀ ਤੰਤਰ ਨੂੰ ਪ੍ਰਭਾਵਿਤ ਕਰਨ ਬਦਲੇ ਪੈਸਿਆਂ ਦੀ ਮੰਗ ਕੀਤੀ ਸੀ।
ਡਾ. ਗੁਰਪ੍ਰੀਤ ਕੌਰ ਦਾ ਕਹਿਣਾ ਹੈ ਕਿ ਸਾਰੇ ਮੁਲਜ਼ਮਾਂ ਬਿਕਰਮ ਸਿੰਘ ਮਜੀਠੀਆ, ਹਰਸਿਮਰਤ ਕੌਰ ਬਾਦਲ ਅਤੇ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਬਿਆਨਾਂ ਵਿਚ ਉਨ੍ਹਾਂ ਨੂੰ ਖਾਸ ਤੌਰ ’ਤੇ ਨਿਸ਼ਾਨਾ ਬਣਾਇਆ ਹੈ।







