
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਦਿੱਤਾ ਸਪੱਸ਼ਟੀਕਰਨ
ਅੰਮਿ੍ਰਤਸਰ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ 8 ਮਈ ਨੂੰ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਪਹੁੰਚੇ, ਜਿੱਥੇ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਆਪਣਾ ਸਪੱਸ਼ਟੀਕਰਨ ਵੀ ਦਿੱਤਾ।
ਬੇਅਦਬੀ ਦੇ ਖਿਲਾਫ ਭਗਵੰਤ ਮਾਨ ਸਰਕਾਰ ਵਲੋਂ ਬਣਾਏ ਗਏ ਕਾਨੂੰਨ ਨੂੰ ਲੈ ਕੇ ਜਥੇਦਾਰ ਨੇ ਉਨ੍ਹਾਂ ਨੂੰ ਤਲਬ ਕੀਤਾ ਸੀ। ਜਥੇਦਾਰ ਦੇ ਸਾਹਮਣੇ ਆਪਣਾ ਪੱਖ ਰੱਖਣ ਤੋਂ ਬਾਅਦ ਸਪੀਕਰ ਸੰਧਵਾਂ ਨੇ ਮੀਡੀਆ ਨੂੰ ਵੀ ਸੰਬੋਧਨ ਕੀਤਾ।
ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਭਰੋਸਾ ਦਿੱਤਾ ਹੈ ਕਿ ਅੱਗੇ ਜੋ ਵੀ ਕਾਰਜ ਕੀਤਾ ਜਾਵੇਗਾ, ਉਹ ਗੁਰੂ ਪੰਥ ਦੀ ਚੜ੍ਹਦੀ ਕਲਾ, ਸਿੱਖ ਭਾਵਨਾਵਾਂ ਅਤੇ ਸਮਾਜ ਦੀ ਭਲਾਈ ਨੂੰ ਧਿਆਨ ਵਿਚ ਰੱਖ ਕੇ ਹੀ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਇਹ ਫੈਸਲਾ ਵੀ ਗੂੁਰੂ ਪੰਥ ਦੀਆਂ ਭਾਵਨਾਵਾਂ ਨੂੰ ਦੇਖਦੇ ਹੋਏ ਹੀ ਲਿਆ ਗਿਆ ਹੈ। ਸੰਧਵਾਂ ਨੇ ਕਿਹਾ ਕਿ ਅਸੀਂ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹਾਂ। ਉਹਨਾਂ ਕਿਹਾ ਕਿ ਅਸੀਂ ਜੋ ਵੀ ਕੰਮ ਕੀਤਾ ਜਾਂ ਕਰਾਂਗੇ ਉਹ ਖਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਹੋਵੇਗਾ। ਉਨ੍ਹਾਂ ਕਿਹਾ ਕਿ ਬੇਅਦਬੀ ਖਿਲਾਫ ਕਾਨੂੰਨ ਬਣਾਉਣ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਬਕਾਇਦਾ ਅਖਬਾਰਾਂ ਵਿੱਚ ਇਸ਼ਤਿਹਾਰ ਦਿੱਤੇ ਗਏ ਸਨ ਅਤੇ ਸੁਝਾਅ ਮੰਗੇ ਗਏ ਸਨ।

