
ਸਮਾਣਾ/ਚੰੜ੍ਹੀਗੜ੍ਹ / ਪੰਜਾਬੀ ਲੈਂਜ਼
ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਸ਼ਨੀਵਾਰ ਨੂੰ ਸਮਾਣਾ ਵਿਖੇ ਇੱਕ ਜਨਸਭਾ ਦੌਰਾਨ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖ਼ੁਦ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਜੀ ਆਇਆਂ ਨੂੰ ਕਹਿ ਕੇ ਸਵਾਗਤ ਕੀਤਾ। ਰੱਖੜਾ ਦੇ ਪਰਿਵਾਰਕ ਮੈਂਬਰ ਅਤੇ ਕਈ ਸਮਰਥਕ ਵੀ ਉਨ੍ਹਾਂ ਦੇ ਨਾਲ ‘ਆਪ‘ ਵਿੱਚ ਸ਼ਾਮਲ ਹੋਏ।
ਸਿਆਸੀ ਇਤਿਹਾਸ ਦਾ ਦਿਨ
ਰੱਖੜਾ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 16 ਮਈ ਦਾ ਦਿਨ ਪੰਜਾਬ ਦੇ ਸਿਆਸੀ ਇਤਿਹਾਸ ਵਿੱਚ ਇੱਕ ਅਹਿਮ ਦਿਨ ਵਜੋਂ ਯਾਦ ਰੱਖਿਆ ਜਾਵੇਗਾ, ਕਿਉਂਕਿ ਲੋਕ ਸੇਵਾ ਨੂੰ ਸਮਰਪਿਤ ਇੱਕ ਸਾਫ਼-ਸੁਥਰੇ ਅਤੇ ਸਤਿਕਾਰਤ ਅਕਸ ਵਾਲੀ ਸ਼ਖ਼ਸੀਅਤ ‘ਆਪ‘ ਪਰਿਵਾਰ ਵਿੱਚ ਸ਼ਾਮਲ ਹੋਈ ਹੈ। ਮਾਨ ਨੇ ਕਿਹਾ ਕਿ ਰੱਖੜਾ ਕੋਲ ਆਪਣੇ ਕਾਰੋਬਾਰ ਅਤੇ ਨਿੱਜੀ ਹਿੱਤਾਂ ਨੂੰ ਵਧਾਉਣ ਦੇ ਕਈ ਮੌਕੇ ਸਨ, ਪਰ ਉਨ੍ਹਾਂ ਨੇ ਆਮ ਲੋਕਾਂ ਦੀ ਸੇਵਾ ਦਾ ਰਾਹ ਚੁਣਿਆ।

ਮੁੱਖ ਮੰਤਰੀ ਨੇ ਸਮੁੱਚੇ ਰੱਖੜਾ ਪਰਿਵਾਰ ਅਤੇ ਉਨ੍ਹਾਂ ਦੇ ਸਮਰਥਕਾਂ ਦਾ ‘ਆਪ ਪੰਜਾਬ ਪਰਿਵਾਰ‘ ਵਿੱਚ ਸ਼ਾਮਲ ਹੋਣ ‘ਤੇ ਧੰਨਵਾਦ ਕੀਤਾ ਅਤੇ ਕਿਹਾ ਕਿ ਕਈ ਵਾਰ ਆਗੂਆਂ ਨੂੰ ਨਿੱਜੀ ਹਿੱਤਾਂ ਤੋਂ ਉੱਪਰ ਉੱਠ ਕੇ ਸੂਬੇ, ਸਮਾਜ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਲੇ ਲਈ ਕੰਮ ਕਰਨਾ ਪੈਂਦਾ ਹੈ।
ਸੁਧਾਰ ਨਾ ਹੋ ਸਕਿਆ
ਮਾਨ ਨੇ ਕਿਹਾ ਕਿ ਸੁਰਜੀਤ ਸਿੰਘ ਰੱਖੜਾ ਨੇ ਵਾਰ-ਵਾਰ ਅਕਾਲੀ ਦਲ ਨੂੰ ਅੰਦਰੋਂ ਸੁਧਾਰਨ ਦੀ ਕੋਸ਼ਿਸ਼ ਕੀਤੀ ਸੀ, ਪਰ ਪਾਰਟੀ ਆਪਣੇ ਰਾਹ ਤੋਂ ਭਟਕ ਗਈ ਅਤੇ ਗਲਤ ਹੱਥਾਂ ਵਿੱਚ ਚਲੀ ਗਈ। ਉਨ੍ਹਾਂ ਅੱਗੇ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਵਿੱਚ ਨਿਭਾਈ ਭੂਮਿਕਾ ਅਤੇ ਲੋਕ-ਵਿਰੋਧੀ ਸਿਆਸਤ ਕਾਰਨ ਲੋਕ ਪਹਿਲਾਂ ਹੀ ਅਕਾਲੀ ਲੀਡਰਸ਼ਿਪ ਨੂੰ ਨਕਾਰ ਚੁੱਕੇ ਹਨ।
ਅਕਾਲੀ ਦਲ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਮਾਨ ਨੇ ਕਿਹਾ ਕਿ ਕਦੇ ਪੰਜਾਬ ‘ਤੇ 25 ਸਾਲ ਰਾਜ ਕਰਨ ਦੇ ਦਾਅਵੇ ਕਰਨ ਵਾਲੇ ਆਗੂਆਂ ਦੀ ਪਾਰਟੀ ਵਿੱਚ ਅੱਜ 25 ਲੋਕ ਵੀ ਨਹੀਂ ਬਚੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇੰਨਾ ਕਮਜ਼ੋਰ ਹੋ ਚੁੱਕਾ ਹੈ ਕਿ ਉਨ੍ਹਾਂ ਲਈ ਕਮੇਟੀਆਂ ਬਣਾਉਣੀਆਂ ਵੀ ਔਖੀਆਂ ਹੋ ਗਈਆਂ ਹਨ।
ਮੁੱਖ ਮੰਤਰੀ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਦੇ ਮੁੜ ਨਿਰਮਾਣ ਅਤੇ ਪ੍ਰਸ਼ਾਸਨ ਨੂੰ ਮਜ਼ਬੂਤ ਕਰਨ ਲਈ ਸੂਬੇ ਨੂੰ ਤਜਰਬੇਕਾਰ ਅਤੇ ਇਮਾਨਦਾਰ ਲੋਕਾਂ ਦੀ ਲੋੜ ਹੈ। ਉਨ੍ਹਾਂ ਰੱਖੜਾ ਪਰਿਵਾਰ ਨੂੰ ਏਕਤਾ ਅਤੇ ਮਿਹਨਤ ਦਾ ਪ੍ਰਤੀਕ ਦੱਸਦਿਆਂ ਕਿਹਾ ਕਿ ਉਨ੍ਹਾਂ ਦੇ ਤਜਰਬੇ ਦਾ ਪੰਜਾਬ ਅਤੇ ਪਾਰਟੀ ਨੂੰ ਵੱਡਾ ਫਾਇਦਾ ਹੋਵੇਗਾ।
ਮੁੱਖ ਮੰਤਰੀ ਦਾ ਧੰਨਵਾਦ
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸੁਰਜੀਤ ਸਿੰਘ ਰੱਖੜਾ ਨੇ ਪਾਰਟੀ ਵਿੱਚ ਸਵਾਗਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ‘ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼ਿਰੋਮਣੀ ਅਕਾਲੀ ਦਲ ਛੱਡਣ ਦਾ ਉਨ੍ਹਾਂ ਦਾ ਫੈਸਲਾ ਸਿੱਧੇ ਤੌਰ ‘ਤੇ ਬੇਅਦਬੀ ਦੇ ਮੁੱਦੇ ਅਤੇ ਨਵੇਂ ਬਣੇ ਬੇਅਦਬੀ ਵਿਰੋਧੀ ਕਾਨੂੰਨ ਨਾਲ ਜੁੜਿਆ ਹੋਇਆ ਹੈ।
ਸੰਬੰਧਿਤ ਪੋਸਟਾਂ:
ਕੋਈ ਸੰਬੰਧਿਤ ਪੋਸਟ ਨਹੀਂ।

