punjabilens.com

ਰਾਜਾ ਵੜਿੰਗ ਦੀ ਪ੍ਰਧਾਨਗੀ ਮਨਜੂਰ ਨਹੀਂ

ਚਰਨਜੀਤ ਚੰਨੀ

ਪੰਜਾਬ ਕਾਂਗਰਸ ’ਚ ਕਲੇਸ਼ ਵਧਿਆ    
ਚੰਨੀ ਗਰੁੱਪ ਨੇ ਕਿਹਾ : ਰਾਜਾ ਵੜਿੰਗ ਦੀ ਪ੍ਰਧਾਨਗੀ ਮਨਜੂਰ ਨਹੀਂ


ਚੰਡੀਗੜ੍ਹ/ਬਿਊਰੋ ਨਿਊਜ਼    
ਬੰਗਾਲ ਦੀ ਤਿ੍ਰਣਮੂਲ ਕਾਂਗਰਸ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਵਿਚ ਵੀ ਫੁੱਟ ਦੇ ਆਸਾਰ ਹਨ।

ਕਾਂਗਰਸ ਹਾਈਕਮਾਨ ਵਲੋਂ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਤਿਆਰ ਕੀਤੇੇ ਗਏ ‘ਪੰਜਾਬ ਫਾਰਮੂਲੇ’ ਤੋਂ ਬਹੁਤੇ ਆਗੂ ਖੁਸ਼ ਨਹੀਂ ਹਨ।

ਹਾਈਕਮਾਨ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦਾ ਅਹੁਦਾ ਬਰਕਰਾਰ ਰੱਖਿਆ ਹੈ।

ਜਦੋਂ ਕਿ ਚਾਰ ਨਵੀਆਂ ਕਮੇਟੀਆਂ ਦਾ ਗਠਨ ਕਰਕੇ ਸਭ ਨੂੰ ਖੁਸ਼ ਕਰਨ ਦਾ ਯਤਨ ਕੀਤਾ ਹੈ। ਪੰਜਾਬ ਕਾਂਗਰਸ ਵਿਚ ਹਾਈਕਮਾਨ ਦੀ ਨਵੀਂ ਸੂਚੀ ਜਾਰੀ ਹੋਣ ਤੋਂ ਬਾਅਦ ਖਾਮੋਸ਼ੀ ਬਣੀ ਹੋਈ ਹੈ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਥਾਪਿਆ ਗਿਆ ਹੈ, ਪਰ ਉਹ ਪ੍ਰਧਾਨਗੀ ਦੇ ਦਾਅਵੇਦਾਰ ਸਨ।

ਇਸ ਦੇ ਚੱਲਦਿਆਂ ਚੰਨੀ ਨੇ ਅੱਜ ਆਪਣੀ ਮੋਰਿੰਡਾ ਸਥਿਤ ਰਿਹਾਇਸ਼ ’ਤੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਕਰ ਲਈ ਹੈ। ਪੰਜਾਬ ਦੇ ਬਹੁਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨੂੰ ਪ੍ਰਧਾਨ ਬਣਾਉਣਾ ਚਾਹੁੰਦੇ ਸਨ, ਪਰ ਹਾਈਕਮਾਨ ਨੇ ਅਜਿਹਾ ਨਹੀਂ ਕੀਤਾ।

ਇਸੇ ਦੌਰਾਨ ਚੰਨੀ ਗਰੁੱਪ ਦਾ ਕਹਿਣਾ ਹੈ ਕਿ ਸਾਨੂੰ ਰਾਜਾ ਵੜਿੰਗ ਦੀ ਪ੍ਰਧਾਨਗੀ ਮਨਜੂਰ ਨਹੀਂ ਹੈ ਅਤੇ ਹਾਈਕਮਾਨ ਇਸ ਬਾਰੇ ਦੁਬਾਰਾ ਸੋਚ ਵਿਚਾਰ ਕਰੇ।

ਇਸਦੇ ਚੱਲਦਿਆਂ ਆਉਂਦੇ ਦਿਨਾਂ ਵਿਚ ਪੰਜਾਬ ਕਾਂਗਰਸ ਵਿਚ ਕਿੰਨੀ ਕੁ ਭੰਨਤੋੜ ਹੁੰਦੀ ਹੈ, ਇਹ ਤਾਂ ਸਮਾਂ ਹੀ ਦੱਸੇਗਾ।

ਸੁਖਜਿੰਦਰ ਸਿੰਘ ਰੰਧਾਵਾ

ਸੁਖਜਿੰਦਰ ਸਿੰਘ ਰੰਧਾਵਾ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ


ਕਾਂਗਰਸ ਪਾਰਟੀ ਦੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਸ਼ੁੱਕਰਵਾਰ ਸਵੇਰੇ ਨਵੀਂ ਦਿੱਲੀ ’ਚ ਸੀਨੀਅਰ ਭਾਜਪਾ ਆਗੂ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ।

ਪੰਜਾਬ ਕਾਂਗਰਸ ਵਿਚ ਪਏ ਕਲੇਸ਼ ਦੇ ਚੱਲਦਿਆਂ ਰੰਧਾਵਾ ਦੀ ਅਮਿਤ ਸ਼ਾਹ ਨਾਲ ਮੁਲਾਕਾਤ ਨੂੰ ਸਿਆਸੀ ਹਲਕਿਆਂ ਵਿਚ ਵੱਖ-ਵੱਖ ਨਜ਼ਰੀਏ ਨਾਲ ਵੇਖਿਆ ਜਾ ਰਿਹਾ ਹੈ।

ਇਸੇ ਦੌਰਾਨ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਮੈਂ ਕਾਂਗਰਸ ਪਾਰਟੀ ਦਾ ਜਨਰਲ ਸਕੱਤਰ ਹਾਂ ਅਤੇ ਇਸ ਤੋਂ ਵੱਡੀ ਕੋਈ ਜ਼ਿੰਮੇਵਾਰੀ ਨਹੀਂ ਹੈ।

ਉਨ੍ਹਾਂ ਕਿਹਾ ਕਿ ਮੈਂ ਪੰਜਾਬ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ, ਇਸ ਤੋਂ ਜ਼ਿਆਦਾ ਹੋਰ ਕੁਝ ਨਹੀਂ ਹੈ।

ਰੰਧਾਵਾ ਨੇ ਦੱਸਿਆ ਕਿ ਮੈਂ ਇਸ ਮੁਲਾਕਾਤ ਲਈ ਸਮਾਂ ਪਹਿਲਾਂ ਹੀ ਲਿਆ ਹੋਇਆ ਸੀ।

ਉਨ੍ਹਾਂ ਨੇ ਕਿਹਾ ਕਿ ਅਮਿਤ ਸ਼ਾਹ ਨਾਲ ਮੁਲਾਕਾਤ ਪੰਜਾਬ ਦੇ ਲਾਅ ਐਂਡ ਆਰਡਰ, ਗੁਰਦਾਸਪੁਰ ਅਤੇ ਪਠਾਨਕੋਟ ਵਰਗੇ ਸਰਹੱਦੀ ਜ਼ਿਲ੍ਹਿਆਂ ਨੂੰ ਲੈ ਕੇ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਅਤੇ ਪਠਾਨਕੋਟ ਦੇ ਹਾਲਾਤ ਚਿੰਤਾਜਨਕ ਹਨ ਅਤੇ ਸੂਬਾ ਸਰਕਾਰ ਨੂੰ ਇਸ ਸਬੰਧੀ ਕੋਈ ਚਿੰਤਾ ਨਹੀਂ ਹੈ।

 

Leave a Comment

Your email address will not be published. Required fields are marked *