
ਭੂਪੇਸ਼ ਬਘੇਲ ਨੇ ਕਿਹਾ : ਪਾਰਟੀ ਪ੍ਰਧਾਨ ਬਦਲਣਾ ਕੋਈ ਗੁੱਡੇ-ਗੁੱਡੀਆਂ ਦਾ ਖੇਡ ਨਹੀਂ
ਲੁਧਿਆਣਾ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਵਿਚ ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਾਰੀ ਅੰਦਰੂਨੀ ਕਲੇਸ਼ ਰੁਕਣ ਦਾ ਨਾਮ ਨਹੀਂ ਲੈ ਰਿਹਾ।
ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਭੂਪੇਲ ਬਘੇਲ ਪੰਜ ਦਿਨਾਂ ਦੇ ਦੌਰੇ ’ਤੇ ਪੰਜਾਬ ਪਹੁੰਚੇ ਹੋਏ ਹਨ।
ਇਸਦੇ ਚੱਲਦਿਆਂ ਬਘੇਲ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਰਾਜਾ ਵੜਿੰਗ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਰਹਿਣਗੇ।
ਉਨ੍ਹਾਂ ਕਿਹਾ ਕਿ ਪ੍ਰਧਾਨ ਬਦਲਣਾ ਕੋਈ ਗੁੱਡੇ-ਗੁੱਡੀਆਂ ਦਾ ਖੇਡ ਨਹੀਂ ਹੈ ਅਤੇ ਹਾਈਕਮਾਨ ਆਪਣਾ ਫੈਸਲਾ ਨਹੀਂ ਬਦਲੇਗੀ। ਦੱਸਣਯੋਗ ਹੈ ਕਿ ਪੰਜਾਬ ਦੇ ਬਹੁਤੇ ਕਾਂਗਰਸੀ ਆਗੂ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸੂਬਾ ਕਾਂਗਰਸ ਦਾ ਪ੍ਰਧਾਨ ਬਣਾਉਣਾ ਚਾਹੁੰਦੇ ਹਨ, ਪਰ ਕਾਂਗਰਸ ਹਾਈਕਮਾਨ ਨੇ ਰਾਜਾ ਵੜਿੰਗ ਨੂੰ ਹੀ ਦੁਬਾਰਾ ਫਿਰ ਸੂਬਾ ਕਾਂਗਰਸ ਦੀ ਪ੍ਰਧਾਨਗੀ ਸੌਂਪੀ ਹੈ।
ਭੂਪੇਸ਼ ਬਘੇਲ ਨੇ ਕਿਹਾ ਕਿ ਰਾਜਾ ਵੜਿੰਗ ਨੂੰ 23 ਜ਼ਿਲ੍ਹਾ ਪ੍ਰਧਾਨਾਂ ਦਾ ਸਮਰਥਨ ਹੈ ਅਤੇ ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਆਪਣੀ ਸਹਿਮਤੀ ਵੀ ਦੇ ਚੁੱਕੇ ਹਨ।
ਉਧਰ ਦੂਜੇ ਪਾਸੇ ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਭੂੁਪੇਲ ਬਘੇਲ ਨਾਲ ਮੀਟਿੰਗ ਤੋਂ ਪਾਸਾ ਵੱਟਿਆ ਹੈ ਅਤੇ ਚੰਨੀ ਨੇ ਇਹ ਵੀ ਕਿਹਾ ਸੀ ਕਿ ਬਘੇਲ ਨੇ ਕਾਂਗਰਸ ਹਾਈਕਮਾਨ ਨੂੰ ਗੁੰਮਰਾਹ ਕੀਤਾ ਹੈ।
ਇਸੇ ਦੌਰਾਨ ਚੰਨੀ ਆਪਣੇ ਕੁਝ ਸਮਰਥਕਾਂ ਨੂੰ ਨਾਲ ਲੈ ਕੇ ਦਿੱਲੀ ਹਾਈਕਮਾਨ ਕੋਲ ਵੀ ਪਹੁੰਚੇ ਹਨ।

ਚੰਨੀ ਅਤੇ ਵੜਿੰਗ ਧੜੇ ਵਿਚ ਕਸ਼ਮਕਸ ਵਧੀ
ਪੰਜਾਬ ਕਾਂਗਰਸ ਵਿਚ ਅੰਦਰੂਨੀ ਖਿੱਚੋਤਾਣ ਦਰਮਿਆਨ ਇਕ ਪਾਸੇ ਸੂਬਾ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੇ ਹੱਕ ਸਿਆਸੀ ਤਾਕਤ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਦੋਂ ਕਿ ਦੂਜੇ ਪਾਸੇ ਵਿਰੋਧ ਦੀਆਂ ਆਵਾਜ਼ਾਂ ਵੀ ਲਗਾਤਾਰ ਉਠ ਰਹੀਆਂ ਹਨ।
ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਭੂੁਪੇਸ਼ ਬਘੇਲ ਵਲੋਂ ਰਾਜਾ ਵੜਿੰਗ ਦੀ ਅਗਵਾਈ ’ਤੇ ਭਰੋਸਾ ਜਤਾਉਣ ਤੋਂ ਬਾਅਦ ਹੁਣ ਵੜਿੰਗ ਸਮਰਥਕ ਆਗੂਆਂ ਦੀਆਂ ਸਾਂਝੀਆਂ ਤਸਵੀਰਾਂ ਵੀ ਚਰਚਾ ਦਾ ਕੇਂਦਰ ਬਣੀਆਂ ਹੋਈਆਂ ਹਨ।
ਇਨ੍ਹਾਂ ਤਸਵੀਰਾਂ ਵਿਚ ਰਾਜਾ ਵੜਿੰਗ, ਗੁਰਜੀਤ ਸਿੰਘ ਔਜਲਾ, ਬਲਬੀਰ ਸਿੰਘ ਸਿੱਧੂ ਅਤੇ ਭੂਪੇਸ਼ ਬਘੇਲ ਡਿਨਰ ਦੌਰਾਨ ਇਕੱਠੇ ਨਜ਼ਰ ਆ ਰਹੇ ਹਨ।
ਇਸਦੇ ਚੱਲਦਿਆਂ ਇਕ ਪਾਸੇ ਰਾਜਾ ਵੜਿੰਗ ਦੇ ਸਮਰਥਕ ਆਗੂਆਂ ਵਲੋਂ ਇਕਜੁੱਟਤਾ ਦਾ ਸੰਦੇਸ਼ ਦਿੱਤਾ ਜਾ ਰਿਹਾ ਹੈ, ਜਦੋਂ ਕਿ ਦੂਜੇ ਪਾਸੇ ਸੀਨੀਅਰ ਆਗੂਆਂ ਵਲੋਂ ਵੜਿੰਗ ਦੀ ਅਗਵਾਈ ’ਤੇ ਲਗਾਤਾਰ ਸਵਾਲ ਉਠਾਏ ਜਾ ਰਹੇ ਹਨ।
ਅਜਿਹੇ ਹਾਲਾਤ ਵਿਚ ਪੰਜਾਬ ਕਾਂਗਰਸ ਦਾ ਅੰਦਰੂਨੀ ਵਿਵਾਦ ਅਜੇ ਠੰਡਾ ਹੁੰਦਾ ਨਜ਼ਰ ਨਹੀਂ ਆ ਰਿਹਾ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਧੜੇ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਸਨ।
ਇਸਦੇ ਚੱਲਦਿਆਂ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਵਲੋਂ ਵੀ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਲੈਣ ਲਈ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ।
ਸੰਬੰਧਿਤ ਪੋਸਟਾਂ:
ਕੋਈ ਸੰਬੰਧਿਤ ਪੋਸਟ ਨਹੀਂ।
