
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗਾ 50 ਫੀਸਦੀ ਮਹਿੰਗਾਈ ਭੱਤਾ
ਮੁੱਖ ਮੰਤਰੀ ਭਗਵੰਤ ਮਾਨ ਅਤੇ ਮੁਲਾਜ਼ਮ ਧਿਰਾਂ ’ਚ ਬਣੀ ਸਹਿਮਤੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਨਾਲ ਬਣੀ ਦਰਾੜ ਨੂੰ ਭਰਨ ਲਈ ਪਹਿਲੀ ਅਕਟੂਬਰ ਤੋਂ ਸਰਕਾਰੀ ਮੁਲਾਜ਼ਮਾਂ ਨੂੰ 50 ਫੀਸਦੀ ਮਹਿੰਗਾਈ ਭੱਤਾ ਦੇਣ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਅਤੇ ਸਾਂਝੀ ਤਾਲਮੇਲ ਕਮੇਟੀ ਵਿਚਾਲੇ ਮਹਿੰਗਾਈ ਭੱਤੇ ਨੂੰ ਲੈ ਕੇ ਸਹਿਮਤੀ ਬਣ ਗਈ ਹੈ।
ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੋਈ ਮੀਟਿੰਗ ’ਚ ਹੋਏ ਫੈਸਲਿਆਂ ਤੋਂ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਸਾਂਝੀ ਤਾਲਮੇਲ ਕਮੇਟੀ ਨੇ ਸਾਂਝੀ ਪ੍ਰੈਸ ਕਾਨਫਰੰਸ ਕਰਕੇ ਜਾਣੂ ਕਰਵਾਇਆ। ਪੰਜਾਬ ਸਰਕਾਰ ਨੇ ਚਾਰ-ਚਾਰ ਫੀਸਦੀ ਦੋ ਕਿਸ਼ਤਾਂ ’ਚ ਡੀਏ ਅਕਤੂਬਰ ਮਹੀਨੇ ਦੀ ਤਨਖਾਹ ਨਾਲ ਦੇਣ ਦਾ ਫੈਸਲਾ ਕੀਤਾ ਹੈ।
ਇਸਦੇ ਚੱਲਦਿਆਂ ਪੰਜਾਬ ਸਰਕਾਰ ਪਹਿਲੀ ਅਕਤੂਬਰ ਤੋਂ 50 ਫੀਸਦੀ ਮਹਿੰਗਾਈ ਭੱਤਾ ਦੇਵੇਗੀ।
ਨਵੇਂ ਫੈਸਲੇ ਨਾਲ ਹੁਣ ਡੀਏ 42 ਫੀਸਦੀ ਤੋਂ ਵਧ ਕੇ 50 ਫੀਸਦੀ ਹੋ ਗਿਆ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵਲੋਂ 60 ਫੀਸਦੀ ਡੀਏ ਦੀ ਮੰਗ ਕੀਤੀ ਜਾ ਰਹੀ ਸੀ, ਪਰੰਤੂ ਮੀਟਿੰਗ ਵਿਚ ਮੁਲਾਜ਼ਮ ਆਗੂਆਂ ਨੇ ਸਰਕਾਰ ਦੀ ਪੇਸ਼ਕਸ਼ ਨੂੰ ਸਵੀਕਾਰ ਕਰ ਲਿਆ ਹੈ।
ਇਸਦੇ ਚੱਲਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਡੀਏ ਵਿਚ 8 ਫੀਸਦੀ ਵਾਧੇ ਨਾਲ ਪੰਜਾਬ ਸਰਕਾਰ ’ਤੇ ਕਰੀਬ 250 ਕਰੋੜ ਰੁਪਏ ਪ੍ਰਤੀ ਮਹੀਨੇ ਦਾ ਵਿੱਤੀ ਬੋਝ ਪਵੇਗਾ।
ਸਰਕਾਰ ਨਾਲ ਸਹਿਮਤੀ ਬਣਨ ਤੋਂ ਬਾਅਦ ਮੁਲਾਜ਼ਮ ਆਗੂਆਂ ਤੇ ਮੁੱਖ ਮੰਤਰੀ ਨੇ ਇਕ ਦੂਜੇ ਦਾ ਮੂੰਹ ਵੀ ਮਿੱਠਾ ਕਰਵਾਇਆ।
ਸੰਬੰਧਿਤ ਪੋਸਟਾਂ:
ਪੰਜਾਬ ਦੇ ਮੁਲਾਜ਼ਮਾਂ ਦੀ ਤਨਖਾਹ ਸਭ ਤੋਂ ਵੱਧ
ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤੇ ਨਿਰਦੇਸ਼
ਭਾਜਪਾ ਦੀ ਯਾਤਰਾ ਅਠਾਰਾਂ ਨੂੰ ਹੋਵੇਗੀ ਸ਼ੁਰੂ
Powered by YARPP.



